ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਹੈ : ਹੀਰਾ ਵਾਲੀਆ
ਪਾਣੀਆਂ ਨੂੰ ਲੈ ਕੇ ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ, ਮੌਜੂਦਾ ਸਥਿਤੀ ਲਈ ਭਗਵੰਤ ਮਾਨ ਸਰਕਾਰ ਜਿੰਮੇਵਾਰ
ਭਾਜਪਾ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਬਟਾਲਾ, 2 ਮਈ ( ਰਮੇਸ਼ ਭਾਟੀਆ )
- ਭਾਜਪਾ ਦੇ ਜਿਲ੍ਹਾ ਪ੍ਰਧਾਨ ਹੀਰਾ ਵਾਲੀਆ ਦੀ ਅਗਵਾਈ ਹੇਠ ਭਾਜਪਾ ਵਲੋਂ ਸਥਾਨਕ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਪੰਜਾਬ ਦੀ ਆਪ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਹੀਰਾ ਵਾਲੀਆ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੌਗਲੀਆਂ ਨੀਤੀਆਂ ਚੱਲ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਭਾਜਪਾ ਪੰਜਾਬ ਦਾ ਸਟੈਂਡ ਸਪੱਸ਼ਟ ਹੈ। ਉਹਨਾਂ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਲਈ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦੇ ਪਾਣੀਆਂ ਤੇ ਸਿਰਫ ਤੇ ਸਿਰਫ ਪੰਜਾਬੀਆਂ ਅਤੇ ਕਿਸਾਨਾਂ ਦਾ ਹੱਕ ਹੈ। ਉਹਨਾਂ ਕਿਹਾ ਕਿ ਭਾਖੜਾ, ਬਿਆਸ ਮੈਨੇਜਮੈਂਟ ਬੋਰਡ ਦੀ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਨਾਲ ਪੰਜਾਬ ਦੇ ਹਿੱਤਾਂ ਨੂੰ ਵੱਡਾ ਨੁਕਸਾਨ ਪਹੁੰਚਿਆਂ ਹੈ ਪੰਜਾਬ ਭਾਜਪਾ ਇਸ ਫੈਸਲੇ ਨਾਲ ਸਹਿਮਤ ਨਹੀਂ ਹੈ। ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੀਆਂ ਹਿੱਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬੀ.ਬੀ.ਐਮ.ਬੀ ਦੀ ਮੀਟਿੰਗ ਵਿਚ ਆਪਣਾ ਪੱਖ ਸਹੀ ਢੰਗ ਨਾਲ ਨਹੀਂ ਰੱਖ ਸਕੀ। ਮੁੱਖ ਮੰਤਰੀ ਭਗਵੰਤ ਮਾਨ ਫੋਕੀ ਬਿਆਨਬਾਜ਼ੀ ਕਰਕੇ ਪੰਜਾਬੀਆਂ ਨੂੰ ਮੂਰਖ ਬਣਾ ਰਹੇ ਹਨ। ਜਦਕਿ ਅਸਲ ਲੜਾਈ ਵਿਚ ਪੰਜਾਬ ਨੂੰ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਜੋ ਸਥਿਤੀ ਬਣੀ ਹੋਈ ਹੈ ਉਸ ਲਈ ਭਗਵੰਤ ਮਾਨ ਸਰਕਾਰ ਸਿੱਧੇ ਤੌਰ ’ਤੇ ਜਿੰਮੇਵਾਰ ਹੈ। ਜਿਸ ਦੇ ਰੋਸ ਵਜੋਂ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਹੈ।
0 comments:
एक टिप्पणी भेजें