11,000 ਰੁਪਏ ਰਿਸ਼ਵਤ ਲੈਣ ਦੇ ਆਰੋਪ ਵਿਚ ਨਗਰ ਕੌਂਸਲ ਧਨੌਲਾ ਦਾ ਲੇਖਾਕਾਰ ਦੀਪਕ ਸੇਤੀਆ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਸੰਜੀਵ ਗਰਗ ਕਾਲੀ
ਧਨੌਲਾ ਮੰਡੀ/ਚੰਡੀਗੜ੍ਹ, 4 ਜੁਲਾਈ : -ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ। ਇੱਥੇ ਇਹ ਖੁਲਾਸਾ ਕਰਦਿਆਂ ਪੰਜਾਬ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿ਼ਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।
ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
0 comments:
एक टिप्पणी भेजें